ਖੰਨਾ (ਲੁਧਿਆਣਾ): ਖੰਨਾ ਸ਼ਹਿਰ 'ਚ ਰਾਤ ਦੇ ਸਮੇਂ ਗਸ਼ਤ ਕਰ ਰਹੀ ਪੁਲਿਸ ਟੀਮ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ 'ਚ ਏ.ਐਸ.ਆਈ. ਸੁਖਵਿੰਦਰ ਸਿੰਘ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਖੰਨਾ ਦਾਖਲ ਕਰਵਾਇਆ ਗਿਆ। ਪੁਲਿਸ ਨੇ ਹਮਲੇ ਦੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ, ਜਦਕਿ ਤਿੰਨ ਹੋਰ ਹਮਲਾਵਰਾਂ ਦੀ ਭਾਲ ਜਾਰੀ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ASI ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਦੀ ਰਾਤ ਕਰੀਬ 1 ਵਜੇ ਉਹ ਆਪਣੀ ਪੀਸੀਆਰ ਟੀਮ ਦੇ ਦੋ ਹੋਰ ਮੁਲਾਜ਼ਮਾਂ ਦੇ ਨਾਲ ਵੱਖ-ਵੱਖ ਮੋਟਰਸਾਈਕਲਾਂ 'ਤੇ ਗਸ਼ਤ ਕਰ ਰਹੇ ਸਨ। ਜਦੋ ਉਹ ਰੇਲਵੇ ਰੋਡ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਰੇਲਵੇ ਸਟੇਸ਼ਨ ਵੱਲੋਂ ਆ ਰਹੇ ਦੋ ਸ਼ੱਕੀ ਨੌਜਵਾਨਾਂ ਨੂੰ ਮੋਟਰਸਾਈਕਲ 'ਤੇ ਦੇਖਿਆ। ਪੁਲਿਸ ਟੀਮ ਨੇ ਉਨ੍ਹਾਂ ਨੂੰ ਰੋਕ ਕੇ ਪੁੱਛ-ਗਿੱਛ ਕੀਤੀ ਅਤੇ ਵੈਰੀਫਿਕੇਸ਼ਨ ਲਈ ਸਿਟੀ ਥਾਣੇ ਲੈ ਕੇ ਜਾਣ ਲੱਗੇ।